ਚੰਡੀਗੜ੍ਹ/ਸੁਲਤਾਨਪੁਰ ਲੋਧੀ:
ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਦਰਿਆਵਾਂ ਵਿੱਚ ਵਧ ਰਹੇ ਪਾਣੀ ਦੇ ਪੱਧਰ ਕਾਰਨ ਕਈ ਇਲਾਕੇ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੇ ਹਨ। ਇਸ ਪੂਰੀ ਸਥਿਤੀ ‘ਤੇ ਪੰਜਾਬ ਸਰਕਾਰ ਨੇ ਅਲਰਟ ਜਾਰੀ ਕਰ ਦਿੱਤਾ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖ਼ੁਦ ਰਾਹਤ ਕਾਰਜਾਂ ਦੀ ਨਿਗਰਾਨੀ ਕਰ ਰਹੇ ਹਨ। ਸਰਕਾਰ ਨੇ ਇਹ ਵੀ ਐਲਾਨ ਕੀਤਾ ਹੈ ਕਿ ਪ੍ਰਭਾਵਿਤ ਹੋਏ ਕਿਸਾਨਾਂ ਦੀਆਂ ਫ਼ਸਲਾਂ ਅਤੇ ਲੋਕਾਂ ਦੇ ਹੋਏ ਹੋਰ ਨੁਕਸਾਨ ਦੀ ਪੂਰੀ ਭਰਪਾਈ ਕੀਤੀ ਜਾਵੇਗੀ। ਇਸ ਲਈ ਸੁਲਤਾਨਪੁਰ ਤੇ ਭੁਲੱਥ ਤਹਿਸੀਲਾਂ ਵਿੱਚ ਵਿਸ਼ੇਸ਼ ਗਿਰਦਾਵਰੀ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ।

ਜਲ ਸਰੋਤ ਮੰਤਰੀ ਬਰਿੰਦਰ ਗੋਇਲ ਨੇ ਸੁਲਤਾਨਪੁਰ ਲੋਧੀ ਵਿਖੇ ਬਿਆਸ ਦਰਿਆ ਦੇ ਨੇੜਲੇ ਪਿੰਡਾਂ ਦਾ ਦੌਰਾ ਕੀਤਾ ਅਤੇ ਸਥਿਤੀ ਦਾ ਜਾਇਜ਼ਾ ਲਿਆ। ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਪੂਰੀ ਤਰ੍ਹਾਂ ਸਚੇਤ ਹੈ ਅਤੇ ਡੈਮਾਂ ਵਿੱਚ ਪਾਣੀ ਦੇ ਪੱਧਰ ਅਤੇ ਦਰਿਆਵਾਂ ਦੇ ਰੁਖ ਉੱਤੇ 24 ਘੰਟੇ ਨਿਗਰਾਨੀ ਕੀਤੀ ਜਾ ਰਹੀ ਹੈ। ਇਸ ਦੌਰਾਨ ਉਨ੍ਹਾਂ ਨਾਲ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ, ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਅਤੇ ਨਗਰ ਸੁਧਾਰ ਟਰੱਸਟ ਕਪੂਰਥਲਾ ਦੇ ਚੇਅਰਮੈਨ ਸੱਜਣ ਸਿੰਘ ਚੀਮਾ ਸਮੇਤ ਕਈ ਉੱਚ ਅਧਿਕਾਰੀ ਵੀ ਮੌਜੂਦ ਸਨ।

ਮੰਤਰੀ ਨੇ ਕਿਹਾ ਕਿ ਸਰਕਾਰ ਨੇ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਕਾਰਜਾਂ ਦੀ ਨਿਗਰਾਨੀ ਲਈ 8 ਕੈਬਨਿਟ ਮੰਤਰੀਆਂ ਨੂੰ ਖਾਸ ਡਿਊਟੀ ‘ਤੇ ਲਾਇਆ ਹੈ। ਇਹ ਮੰਤਰੀ ਵੱਖ-ਵੱਖ ਜ਼ਿਲ੍ਹਿਆਂ ਦਾ ਦੌਰਾ ਕਰਦੇ ਹੋਏ ਸਿੱਧੇ ਲੋਕਾਂ ਨਾਲ ਸੰਪਰਕ ਕਰਨਗੇ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਸੁਣ ਕੇ ਤੁਰੰਤ ਕਾਰਵਾਈ ਯਕੀਨੀ ਬਣਾਉਣਗੇ। ਗੋਇਲ ਨੇ ਕਿਸ਼ਤੀਆਂ ਰਾਹੀਂ ਪਿੰਡ ਸਾਂਗਰਾ ਦਾ ਵੀ ਦੌਰਾ ਕੀਤਾ ਜਿੱਥੇ ਪਾਣੀ ਕਾਰਨ ਲੋਕ ਘਿਰੇ ਹੋਏ ਸਨ। ਉਨ੍ਹਾਂ ਨੇ ਪ੍ਰਭਾਵਿਤ ਪਰਿਵਾਰਾਂ ਵਿੱਚ ਸੁੱਕੇ ਰਾਸ਼ਨ ਦੀ ਵੰਡ ਵੀ ਕੀਤੀ।

ਇਸ ਤੋਂ ਪਹਿਲਾਂ, ਗੋਇਲ ਨੇ ਸਥਾਨਕ ਰੈਸਟ ਹਾਊਸ ਵਿੱਚ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ, ਐੱਸ.ਐੱਸ.ਪੀ. ਗੌਰਵ ਤੂਰਾ, ਮੁੱਖ ਇੰਜੀਨੀਅਰ ਡਰੇਨੇਜ਼ ਹਰਦੀਪ ਸਿੰਘ ਮਹਿੰਦੀਰੱਤਾ ਅਤੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ ਰਾਹਤ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ ਅਤੇ ਅਗਲੇ ਕਦਮਾਂ ਲਈ ਯੋਜਨਾਵਾਂ ਤਿਆਰ ਕੀਤੀਆਂ ਗਈਆਂ।

ਇਸ ਮਹੱਤਵਪੂਰਨ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਨਵਨੀਤ ਕੌਰ ਬੱਲ, ਐੱਸ.ਡੀ.ਐੱਮ. ਅਲਕਾ ਕਾਲੀਆ, ਡੀ.ਐੱਸ.ਪੀ. ਹਰਗੁਰਦੇਵ ਸਿੰਘ, ਨਾਇਬ ਤਹਿਸੀਲਦਾਰ ਗੌਰਵ ਬਾਂਸਲ, ਸਬ ਰਜਿਸਟਰਾਰ ਗੁਰਵਿੰਦਰ ਸਿੰਘ ਵਿਰਕ ਅਤੇ ਸਮਾਜ ਸੇਵੀ ਬਾਬਾ ਸੁਰਜੀਤ ਸਿੰਘ ਸ਼ੰਟੀ ਸੀਚੇਵਾਲ, ਦਇਆ ਸਿੰਘ, ਪਾਲ ਸਿੰਘ ਨੌਲੀ ਸਮੇਤ ਕਈ ਹੋਰ ਜ਼ਿੰਮੇਵਾਰ ਅਧਿਕਾਰੀ ਵੀ ਮੌਜੂਦ ਸਨ।

ਸਰਕਾਰ ਵੱਲੋਂ ਲੋਕਾਂ ਨੂੰ ਭਰੋਸਾ ਦਿਵਾਇਆ ਗਿਆ ਹੈ ਕਿ ਕਿਸੇ ਨੂੰ ਵੀ ਪਾਣੀ ਕਾਰਨ ਹੋਏ ਨੁਕਸਾਨ ਦੀ ਚਿੰਤਾ ਕਰਨ ਦੀ ਲੋੜ ਨਹੀਂ, ਕਿਉਂਕਿ ਹਰ ਪ੍ਰਭਾਵਿਤ ਪਰਿਵਾਰ ਦੀ ਸਹਾਇਤਾ ਕੀਤੀ ਜਾਵੇਗੀ ਅਤੇ ਮੁਆਵਜ਼ਾ ਦਿੱਤਾ ਜਾਵੇਗਾ।

Leave a Reply

Your email address will not be published. Required fields are marked *